ਟਰਾਂਸਪੋਰਟ ਵਿਭਾਗ ਨੇ ਟੈਕਸ ਚੋਰੀ ਕਰਨ ਦੇ ਦੋਸ਼ ਹੇਠ 125 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ, ਜਿਨ੍ਹਾਂ ਵਿੱਚ 31 ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਹਨ।
ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਕਾਰਵਾਈ ਟੈਕਸਾਂ ਦਾ ਭੁਗਤਾਨ ਨਾ ਕਰਨ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਲਈ ਸਿਸਟਮ ਨੂੰ ਧੋਖਾ ਦੇਣ ਦੀਆਂ ਕਥਿਤ ਕੋਸ਼ਿਸ਼ਾਂ ਤੋਂ ਬਾਅਦ ਕੀਤੀ ਗਈ ਹੈ।
ਵੜਿੰਗ ਨੇ ਵਿਭਾਗ ਨੂੰ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੌਕਸੀ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸੇ ਵੀ ਗਲਤ ਕੰਮ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਬਠਿੰਡਾ ਆਰਟੀਏ ਅਧਿਕਾਰੀਆਂ ਵੱਲੋਂ ਬਾਦਲਾਂ ਦੁਆਰਾ ਚਲਾਏ ਜਾ ਰਹੇ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਤੋਂ ਇਲਾਵਾ ਨਿਊ ਫਤਿਹ ਟਰੈਵਲਜ਼ ਦੀ ਮਲਕੀਅਤ ਵਾਲੇ 30 ਇੰਟੈਗਰਲ ਕੋਚ ਪਰਮਿਟ ਰੱਦ ਕਰ ਦਿੱਤੇ ਗਏ ਹਨ।