ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪੱਤਰ ਲਿਖ ਕੇ ਗੁਰਦਾਸਪੁਰ ਤੋਂ ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਕੈਪਟਨ ਸਰਕਾਰ ਵਿੱਚ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਇਤਿਹਾਸਕ ਤੇ ਵਿਰਾਸਤੀ ਸ਼ਹਿਰ ਬਟਾਲਾ ਨੂੰ ਸੂਬੇ ਦਾ 24ਵਾਂ ਜ਼ਿਲ੍ਹਾ ਬਣਾਇਆ ਜਾਵੇ ਤਾਂ ਜੋ ਇਸ ਅਹਿਮ ਸ਼ਹਿਰ ਦਾ ਸਹੀ ਵਿਕਾਸ ਹੋ ਸਕੇ।
ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਇਕ ਵਾਰ ਫਿਰ ਸਬ-ਡਵੀਜ਼ਨ ਬਟਾਲਾ ਨੂੰ ਪੂਰਣ ਜ਼ਿਲ੍ਹਾ ਬਣਾਉਣ ਦਾ ਮੁੱਦਾ ਉਠਾਇਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲਿਖੇ ਪੱਤਰ ਵਿੱਚ ਪ੍ਰਤਾਪ ਬਾਜਵਾ ਨੇ ਕਿਹਾ, “ਬਟਾਲਾ ਦਾ ਇੱਕ ਅਮੀਰ ਧਾਰਮਿਕ, ਸੱਭਿਆਚਾਰਕ, ਸਾਹਿਤਕ ਅਤੇ ਆਰਥਿਕ ਇਤਿਹਾਸ ਹੈ। ਸਾਲਾਂ ਦੌਰਾਨ, ਸ਼ਹਿਰ ਦਾ ਵਿਕਾਸ ਹੋਇਆ ਹੈ ਅਤੇ ਇਸ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ, ਇਸ ਨੂੰ ਇੱਕ ਸੁਤੰਤਰ ਜ਼ਿਲ੍ਹਾ ਬਣਾਉਣ ਦੀ ਲੋੜ ਹੈ।