ਬਠਿੰਡਾ: ਚੋਣ ਦੌਰਾਨ ਨਰੂਆਣਾ ਰੋਡ ‘ਤੇ ਅਕਾਲੀ ਅਤੇ ਕਾਂਗਰਸੀ ਵਰਕਰਾਂ ਵਿਚਕਾਰ ਲੜਾਈ ਹੋ ਗਈ। ਅਕਾਲੀ ਦਲ ਦੇ ਸਾਬਕਾ ਕੌਂਸਲਰ ਹਰਜਿੰਦਰ ਟੋਨੀ ਨੇ ਦੋਸ਼ ਲਾਇਆ ਹੈ ਕਿ ਕਾਂਗਰਸੀ ਵਰਕਰ ਬਾਹਰਲੇ ਵਿਅਕਤੀਆਂ ਨਾਲ ਮਿਲ ਕੇ ਵੋਟਰਾਂ ਨੂੰ ਪੈਸੇ ਵੰਡ ਰਹੇ ਸਨ, ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਹਵਾਈ ਫਾਇਰ ਕਰ ਦਿੱਤੇ ਤੇ ਉਨ੍ਹਾਂ ਦੀ ਇੱਕ ਗੱਡੀ ਦੀ ਭੰਨਤੋੜ ਕੀਤੀ। ਮੌਕੇ ’ਤੇ ਪੁੱਜੇ ਡੀ.ਐਸ.ਪੀ. ਸਿਟੀ ਚਰਨਜੀਤ ਸਿੰਘ ਨੇ ਅਕਾਲੀ ਵਰਕਰਾਂ ਨਾਲ ਗੱਲਬਾਤ ਕੀਤੀ।
ਘਟਨਾ ਤੋਂ ਬਾਅਦ ਕਾਂਗਰਸੀ ਮੌਕੇ ਤੋਂ ਫਰਾਰ ਹੋ ਗਏ। ਡੀ.ਐਸ.ਪੀ ਨੇ ਦੱਸਿਆ ਕਿ ਸਾਬਕਾ ਅਕਾਲੀ ਕੌਂਸਲਰ ਟੋਨੀ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਿੰਨਾਂ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

