ਬਲਵੰਤ ਸਿੰਘ ਮੁਲਤਾਨੀ ਮਾਮਲੇ ‘ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ 2 ਹਫਤਿਆਂ ‘ਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਕਾਬਿਲੇਗੌਰ ਹੈ ਕਿ ਬਲਵੰਤ ਸਿੰਘ ਮੁਲਤਾਨੀ ਗ੍ਰਿਫਤਾਰ ਅਤੇ ਕਤਲ ਮਾਮਲੇ ‘ਤੇ ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ ਤੇ ਦੂਸਰੇ ਪਾਸੇ ਸਾਬਕਾ ਡੀਜੀਪੀ ਵਲੋਂ ਆਪਣੇ ਵਕੀਲਾਂ ਰਾਹੀ ਗ੍ਰਿਫਤਾਰੀ ਤੋਂ ਬਚਣ ਲਈ ਪਟੀਸ਼ਨਾਂ ਪਾਈਆਂ ਜਾ ਰਹੀਆਂ ਸਨ, ਜਿਸਦੇ ਚਲਦਿਆਂ ਇਕ ਪੁਰਾਣੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਅਤੇ ਅਗਲੇ ਹੁਕਮਾਂ ਤੱਕ ਸੈਣੀ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ।
ਕੋਰਟ ‘ਚ ਦਲੀਲਾਂ ਦਿੱਤੀਆਂ ਗਈਆਂ ਸਨ ਕੇ ਸੈਣੀ ਇਮਾਨਦਾਰ ਅਫਸਰ ਸਨ, ਉਨ੍ਹਾਂ ਨੇ ਕਾਲੇ ਦੌਰ ‘ਚ ਕਾਫੀ ਕੰਮ ਕੀਤਾ। ਉਹਨਾਂ ਤੇ ਕਈ ਵਾਰ ਹਮਲੇ ਵੀ ਹੋਏ ਸਨ। ਜਿਸ ਤੋਂ ਬਾਅਦ ਫਿਲਹਾਲ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।
ਤੁਹਾਨੂੰ ਦੱਸ ਦਈਏ ਇਸ ਮਾਮਲੇ ‘ਚ ਗ੍ਰਿਫਤਾਰੀ ਨਾ ਹੋਣ ਕਾਰਨ ਸਿੱਖ ਜੱਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਅਤੇ ਪੰਜਾਬ ਪੁਲਿਸ ‘ਤੇ ਸਵਾਲੀਆਂ ਨਿਸ਼ਾਨ ਖੜੇ ਕੀਤੇ ਗਏ ਸਨ।