ਚੰਡੀਗੜ੍ਹ: ਇਹਨਾਂ ਦਿਨਾਂ ਵਿੱਚ ਸ਼ਰਾਬ ਨੂੰ ਲੈ ਕੇ ਸੂਬਾ ਸਰਕਾਰ ਦੀ ਬਹੁਤ ਕਿਰਕਰੀ ਹੋ ਰਹੀ ਹੈ ਇੱਕ ਪਾਸੇ ਸ਼ਰਾਬ ਦੇ ਠੇਕਿਆਂ ਨੂੰ ਲੈ ਜਿੱਥੇ ਕਾਂਗਰਸ ਦੇ ਕੁੱਝ ਆਗੂ ਆਪਸ ‘ਚ ਉਲਝ ਰਹੇ ਨੇ ਉੱਥੇ ਦੂਜੇ ਪਾਸੇ ਵਿਰੋਧੀਆਂ ਨੂੰ ਵੀ ਬੋਲਣ ਦਾ ਮੌਕਾ ਮਿਲ ਰਿਹਾ ਹੈ। ਉੱਤੋਂ ਹੁਣ ਸਰਕਾਰ ‘ਤੇ 5600 ਕਰੋੜ ਰੁਪਏ ਦੀ ਨਜ਼ਾਇਜ਼ ਸ਼ਰਾਬ ਘੁਟਾਲੇ ਨੂੰ ਲੈ ਕੇ ਵੱਡੇ ਇਲਜ਼ਾਮ ਲੱਗ ਰਹੇ ਹਨ। ਦੂਸਰੇ ਪਾਸੇ ਇਸ ਮਾਮਲੇ ਵਿੱਚ ਸਰਕਾਰੀ ਪੱਧਰ ‘ਤੇ ਤਾਂ ਕੋਈ ਤੱਥ ਸਾਹਮਣੇ ਨਹੀਂ ਆਏ ਪਰ ਵਿਰੋਧੀਆਂ ਵੱਲੋਂ ਕੈਪਟਨ ਸਰਕਾਰ ਨੂੰ ਘੇਰਨ ਦੀ ਪੂਰੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਤਾਂ ਇਸ ਮਾਮਲੇ ਵਿੱਚ ਚਾਰ ਕਾਂਗਰਸੀ ਵਿਧਾਇਕਾਂ ਨੂੰ ਵੀ ਘੇਰ ਲਿਆ ਗਿਆ ਹੈ। ਅਕਾਲੀ ਦਲ ਵੱਲੋਂ ਇਲਜ਼ਾਮ ਲਗਾਏ ਗਏ ਹਨ ਕੇ ਇਸ ਮਾਮਲੇ ਵਿਚ ਕਾਂਗਰਸੀ ਵਿਧਾਇਕਾਂ ‘ਤੇ ਵੱਡੇ ਬੰਦਿਆਂ ਦੀ ਸ਼ਮੂਲੀਅਤ ਹੈ। ਜਿਸ ਤੋਂ ਬਾਅਦ ਵਿਰੋਧੀਆਂ ਵੱਲੋਂ ਇਸ ਮਾਮਲੇ ਵਿਚ ਕਾਰਵਾਈ ਕਰਨ ਦੀ ਗੱਲ ਮੰਗ ਕੀਤੀ ਜਾ ਰਹੀ ਹੈ।
ਅਕਾਲੀ ਦਲ ਨੇ ਅਵਾਜ਼ ਬੁਲੰਦ ਕਰਦਿਆਂ ਕਿਹਾ ਹੈ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਹਨਾਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕੇ ਉਹ ਦੋਸ਼ਿਆਂ ‘ਤੇ ਕਾਰਵਾਈ ਕਰਨ ਨਾ ਕੇ ਥਾਣਾ ਮੁਖੀਆਂ ਨੂੰ ਨਿਸ਼ਾਨਾ ਬਣਾ ਲੋਕਾਂ ਦਾ ਧਿਆਨ ਹੋਰ ਥਾਂ ਲਗਾਇਆ ਜਾਵੇ।
ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਦੇਰੀ ਨਾਲ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਪਰ ਇਸ ਮਾਮਲੇ ਵਿੱਚ ਘਨੌਰ, ਰਾਜਪੁਰਾ, ਖੰਨਾ ਅਤੇ ਬਲਾਚੌਰ ਦੇ ਕਾਂਗਰਸੀ ਵਿਧਾਇਕਾਂ ਖਿਲਾਫ ਕਾਰਵਾਈ ਕਰਨ ਦੀ ਥਾਂ ਹੇਠਲੇ ਪੱਧਰ ‘ਤੇ ਅਧਿਕਾਰੀਆਂ ਖਿਲਾਫ ਕਾਰਵਾਈ ਕਰ 2000 ਕਰੋੜ ਰੁਪਏ ਦੀ ਨਕਲੀ ਸ਼ਰਾਬ ਘੁਟਾਲੇ ਤੇ ਸਰਕਾਰੀ ਖਜ਼ਾਨੇ ਵਿੱਚ ਪਏ 3600 ਕਰੋੜ ਰੁਪਏ ਦੇ ਘਾਟੇ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੁਣ ਇਸ ਮਾਮਲੇ ਵਿਚ ਅਕਾਲੀ ਦਲ ਵੱਲੋਂ ਹਾਈਕੋਰਟ ਦੇ ਸੀਨੀਅਰ ਜੱਜ ਦੀ ਅਗਵਾਹੀ ਵਿੱਚ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਹੈ ਕਿ ਸਰਕਾਰੀ ਖਜ਼ਾਨੇ ਨੂੰ ਮੋਟਾ ਚੂਨਾ ਲਗਾਉਣ ਵਾਲੇ ਸਾਰੇ ਦੋਸ਼ੀਆਂ ਦੀ ਸ਼ਨਾਖਤ ਕਰਕੇ ਕੇਸ ਦਰਜ ਕੀਤੇ ਜਾਣੇ ਚਾਹੀਦੇ ਹਨ ਅਤੇ ਨਕਲੀ ਸ਼ਰਾਬ ਦੀਆਂ ਫੈਕਟਰੀਆਂ ਅਤੇ ਠੇਕਿਆਂ ਦੀ ਜਾਂਚ ਲਈ ਵਿਧਾਨ ਸਭਾ ਕਮੇਟੀ ਬਣਾਈ ਜਾਵੇ।