ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਤੋਂ ਜਿੱਤੇ ਸੁਖਪਾਲ ਖਹਿਰਾ, ਬਲਦੇਵ ਸਿੰਘ, ਨਾਜਰ ਸਿੰਘ ਮਨਸ਼ਾਹੀਆ ਅਤੇ ਅਮਰਜੀਤ ਸਿੰਘ ਸੰਦੋਆ ਦੇ ਖਿਲਾਫ ਦਲ ਬਦਲ ਕਾਨੂੰਨ ਦੇ ਤਹਿਤ ਕਾਰਵਾਈ ਦੀ ਮੰਗ ਨੂੰ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਹੈ lਪਹਿਲਾਂ ਹਾਈਕੋਰਟ ਇਸ ਪਟੀਸ਼ਨ ਨੂੰ ਖਾਰਿਜ ਕਰ ਚੁੱਕੀ ਹੈ ਪਰ ਹੁਣ ਨਵੇਂ ਸਿਰੇ ਤੋਂ ਪਟੀਸ਼ਨ ‘ਤੇ ਸੁਣਵਾਈ ਦੀ ਹਾਈਕੋਰਟ ਤੋਂ ਮੰਗ ਕੀਤੀ ਗਈ ਹੈ l ਚੰਡੀਗੜ ਦੇ ਐਡਵੋਕੇਟ ਰਵਿੰਦਰ ਸਿੰਘ ਰਾਣਾ ਨੇ ਐਡਵੋਕੇਟ ਬਲਤੇਜ ਸਿੰਘ ਸਿੱਧੂ ਦੇ ਜ਼ਰੀਏ ਸ਼ੁੱਕਰਵਾਰ ਨੂੰ ਪਟੀਸ਼ਨ ਦਾਇਰ ਕਰ ਚਾਰਾਂ ਵਿਧਾਇਕਾਂ ‘ਤੇ ਦਲ ਬਦਲ ਕਾਨੂੰਨ ਦੇ ਤਹਿਤ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ l
ਪਟੀਸ਼ਨ ਨੇ ਦੱਸਿਆ ਕਿ ਮਣੀਪੁਰ ਵਿੱਚ ਕਾਂਗਰਸ ਦੀ ਟਿਕਟ ਤੋਂ ਚੋਣ ਲੜ ਕੇ ਜਿੱਤ ਹੋਣ ਦੇ ਬਾਅਦ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੇ ਵਿਧਾਇਕਾਂ ਦੇ ਖਿਲਾਫ ਸੁਪਰੀਮ ਕੋਰਟ ਨੇ ਮਣੀਪੁਰ ਵਿਧਾਨ ਸਭਾ ਦੇ ਸਪੀਕਰ ਨੂੰ 14 ਹਫਤੇ ਵਿੱਚ ਕਾਰਵਾਈ ਦੇ ਹੁਕਮ ਦਿੱਤੇ ਹਨ l ਇਸ ਆਧਾਰ ‘ਤੇ ਹੁਣ ਇਸ ਮਾਮਲੇ ਦੀ ਵੀ ਸੁਣਵਾਈ ਕਰਨ ਦੀ ਹਾਈਕੋਰਟ ਤੋਂ ਅਪੀਲ ਕੀਤੀ ਗਈ ਹੈ l
ਸ਼ੁੱਕਰਵਾਰ ਨੂੰ ਇਸ ਅਰਜ਼ੀ ‘ਤੇ ਸੁਣਵਾਈ ਨਹੀਂ ਹੋਈ ਅਤੇ ਇਸ ਦੇ ਅਗਲੇ ਸ਼ੁੱਕਰਵਾਰ ਤੱਕ ਟਾਲੀ ਦਿੱਤੀ ਗਈ ਹੈ l ਦਾਇਰ ਪਟੀਸ਼ਨ ਵਿੱਚ ਹਾਈਕੋਰਟ ਨੂੰ ਦੱਸਿਆ ਗਿਆ ਹੈ ਕਿ ਪੰਜਾਬ ਵਿਧਾਨਸਭਾ ਦੀ 2017ਦੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤੇ ਸੁਖਪਾਲ ਖਹਿਰਾ, ਬਲਦੇਵ ਸਿੰਘ, ਨਾਜਰ ਸਿੰਘ ਮਨਸ਼ਾਹੀਆ ਅਤੇ ਅਮਰਜੀਤ ਸਿੰਘ ਸੰਦੋਆ ਹੁਣ ਪਾਰਟੀ ਛੱਡ ਚੁੱਕੇ ਹਨ l
ਇਨ੍ਹਾਂ ਵਿੱਚੋਂ ਸੁਖਪਾਲ ਖਹਿਰਾ ਨੇ ਪੰਜਾਬ ਏਕਤਾ ਪਾਰਟੀ ਬਣਾ ਲਈ ਹੈ, ਜਿਸ ਵਿੱਚ ਬਲਦੇਵ ਸਿੰਘ ਵੀ ਸ਼ਾਮਿਲ ਹੋ ਗਏ ਹਨ ‘ਤੇ ਨਾਜਰ ਸਿੰਘ ਮਨਸ਼ਾਹੀਆ ਅਤੇ ਅਮਰਜੀਤ ਸਿੰਘ ਸੰਦੋਆ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ l ਚਾਰਾਂ ਵਿਧਾਇਕਾਂ ਦੁਆਰਾ ਆਪਣੀ ਪਾਰਟੀ ਛੱਡਣ ਦੇ ਬਾਵਜੂਦ ਇਨ੍ਹਾਂ ਸਾਰਿਆਂ ਨੂੰ ਹੁਣ ਤੱਕ ਵਿਧਾਇਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ l
ਦਲ ਬਦਲ ਵਿਰੋਧੀ ਕਾਨੂੰਨ ਦੇ ਤਹਿਤ ਇਨ੍ਹਾਂ ਸਾਰਿਆਂ ਦੀ ਵਿਧਾਨਸਭਾ ਮੈਂਬਰਸ਼ਿਪ ਰੱਦ ਕੀਤੀ ਜਾਣੀ ਚਾਹੀਦੀ ਹੈ ਅਤੇ ਇਨ੍ਹਾਂ ਨੂੰ ਵਿਧਾਇਕ ਦੇ ਤੌਰ ‘ਤੇ ਮਿਲ ਰਿਹਾ ਵੇਤਨ ਅਤੇ ਹੋਰ ਸੁਵਿਧਾਵਾਂ ਵੀ ਬੰਦ ਕੀਤੀਆਂ ਜਾਣੀਆਂ ਚਾਹੀਦੀਆਂ ਹਨ l