ਖੰਨਾ ਅਨਾਜ ਮੰਡੀ ਵਿੱਚ ਕਣਕ ਦੀ ਆਮਦ ਤੇਜ਼
ਖਰੀਦ ਅਤੇ ਲਿਫਟਿੰਗ ਜਾਰੀ
ਨਹੀਂ ਆ ਰਹੀ ਕਿਸਾਨਾਂ ਨੂੰ ਕੋਈ ਦਿੱਕਤ
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਕਣਕ ਦੀ ਆਮਦ ਲਗਾਤਾਰ ਜਾਰੀ ਹੈ ਅਤੇ ਖਰੀਦ ਦਾ ਕੰਮ ਵੀ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ। ਵੱਡੀ ਗਿਣਤੀ ਵਿੱਚ ਕਿਸਾਨ ਆਪਣੀ ਫਸਲ ਲੈ ਕੇ ਮੰਡੀ ਵਿਚ ਪਹੁੰਚ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹੁਣ ਤੱਕ ਮੰਡੀ ਵਿੱਚ ਕੋਈ ਵੱਡੀ ਸਮੱਸਿਆ ਸਾਹਮਣੇ ਨਹੀਂ ਆਈ, ਪਰ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੀ ਲੋੜ ਹੈ।
ਖੰਨਾ ਅਨਾਜ ਮੰਡੀ ਵਿੱਚ ਅੱਜ ਕਿਸਾਨਾਂ ਨੇ ਦੱਸਿਆ ਕਿ ਉਹ ਆਪਣੀ ਕਣਕ ਦੀ ਫਸਲ ਲੈ ਕੇ ਮੰਡੀ ਵਿੱਚ ਪਹੁੰਚ ਹਨ ਅਤੇ ਹੁਣ ਤੱਕ ਉਨ੍ਹਾਂ ਨੂੰ ਕਿਸੇ ਵੱਡੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ। ਕਿਸਾਨਾਂ ਨੇ ਕਿਹਾ ਕਿ ਮੰਡੀ ਵਿੱਚ ਸਰਕਾਰੀ ਰੇਟ ਮੁਤਾਬਕ ਖਰੀਦ ਹੋ ਰਹੀ ਹੈ ਅਤੇ ਪ੍ਰਬੰਧ ਵੀ ਕਾਫੀ ਹੱਦ ਤੱਕ ਠੀਕ ਹਨ।
ਕਿਸਾਨਾਂ ਨੇ ਦੱਸਿਆ ਕਿ ਮੰਡੀ ਵਿੱਚ ਬੈਠਣ ਲਈ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਵੱਡੀ ਦਿੱਕਤ ਨਹੀਂ ਹੈ, ਪਰ ਲਿਫਟਿੰਗ ਦਾ ਕੰਮ ਹੋਰ ਤੇਜ਼ ਕਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਲੰਬਾ ਇੰਤਜ਼ਾਰ ਨਾ ਕਰਨਾ ਪਵੇ। ਕਿਸਾਨਾਂ ਨੇ ਉਮੀਦ ਜਤਾਈ ਕਿ ਆਉਣ ਵਾਲੇ ਦਿਨਾਂ ਵਿੱਚ ਮੰਡੀ ਦੇ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ, ਜਿਸ ਨਾਲ ਫਸਲ ਦੀ ਖਰੀਦ, ਤੋਲ ਅਤੇ ਚੁਕਾਈ ਦਾ ਕੰਮ ਸਮੇਂ ਸਿਰ ਮੁਕੰਮਲ ਹੋ ਸਕੇ ਅਤੇ ਕਿਸਾਨਾਂ ਨੂੰ ਹੋਰ ਸੁਵਿਧਾ ਮਿਲੇ।
ਉੱਥੇ ਹੀ ਆੜਤੀ ਰਜਨੀਸ਼ ਕੁਮਾਰ ਨੇ ਦੱਸਿਆ ਕਿ ਮੰਡੀਆਂ ਦੇ ਪ੍ਰਬੰਧ ਕੁੱਲ ਮਿਲਾ ਕੇ ਠੀਕ ਚੱਲ ਰਹੇ ਹਨ ਅਤੇ ਖਰੀਦ ਪ੍ਰਕਿਰਿਆ ਵੀ ਸਮੇਂ ਸਿਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਏਜੰਸੀਆਂ ਪੂਰਾ ਸਹਿਯੋਗ ਦੇ ਰਹੀਆਂ ਹਨ ਅਤੇ ਬੋਲੀ ਵੀ ਸਮੇਂ ‘ਤੇ ਲੱਗ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਕੋਈ ਵੱਡੀ ਦਿੱਕਤ ਨਹੀਂ ਆ ਰਹੀ। ਉਨ੍ਹਾਂ ਦੱਸਿਆ ਕਿ ਇਸ ਵੇਲੇ ਟਰਾਂਸਪੋਰਟੇਸ਼ਨ ਅਤੇ ਲੇਬਰ ਦੀ ਕੁਝ ਕਮੀ ਜ਼ਰੂਰ ਮਹਿਸੂਸ ਹੋ ਰਹੀ ਹੈ, ਜਿਸ ਕਾਰਨ ਕਈ ਵਾਰ ਲਿਫਟਿੰਗ ਦੇ ਕੰਮ ਵਿੱਚ ਦੇਰੀ ਹੋ ਜਾਂਦੀ ਹੈ। ਆੜਤੀ ਰਜਨੀਸ਼ ਕੁਮਾਰ ਨੇ ਕਿਹਾ ਕਿ ਬਾਕੀ ਸਰਕਾਰ ਹਰ ਤਰ੍ਹਾਂ ਨਾਲ ਸਹਿਯੋਗ ਕਰ ਰਹੀ ਹੈ।
ਫੂਡ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਮੰਡੀ ਵਿੱਚ ਅੱਜ ਤੱਕ ਲਗਭਗ 35 ਹਜ਼ਾਰ ਐਮਟੀ ਫਸਲ ਦੀ ਆਮਦ ਦਰਜ ਕੀਤੀ ਗਈ ਹੈ। ਇਸ ਵਿੱਚੋਂ ਕਰੀਬ 3 ਹਜ਼ਾਰ ਐਮਟੀ ਸਰਕਾਰੀ ਏਜੰਸੀਆਂ ਅਤੇ ਤਕਰੀਬਨ 26 ਹਜ਼ਾਰ ਐਮਟੀ ਪ੍ਰਾਈਵੇਟ ਏਜੰਸੀਆਂ ਵੱਲੋਂ ਸੰਭਾਲੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲਗਭਗ 18 ਤੋਂ 20 ਹਜ਼ਾਰ ਐਮਟੀ ਤੱਕ ਲਿਫਟਿੰਗ ਹੋ ਚੁੱਕੀ ਹੈ ਅਤੇ ਲਿਫਟਿੰਗ ਦਾ ਕੰਮ ਲਗਾਤਾਰ ਜਾਰੀ ਹੈ। ਮੰਡੀ ਵਿੱਚ ਫਸਲ ਦੀ ਖਰੀਦ ਅਤੇ ਚੁਕਾਈ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਦੂਜੇ ਪਾਸੇ ਮਾਰਕੀਟ ਕਮੇਟੀ ਦੇ ਅਧਿਕਾਰੀ ਨੇ ਦੱਸਿਆ ਕਿ ਮੰਡੀ ਵਿੱਚ ਲਗਭਗ ਦੋ ਲੱਖ ਪੈਂਤੀ ਹਜ਼ਾਰ ਕਵਿੰਟਲ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ ਕਰੀਬ ਦੋ ਲੱਖ ਤੀਹ ਹਜ਼ਾਰ ਕਵਿੰਟਲ ਫਸਲ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਕੁੱਲ ਖਰੀਦੀ ਗਈ ਫਸਲ ਵਿੱਚੋਂ ਲਗਭਗ 35 ਫੀਸਦੀ ਲਿਫਟਿੰਗ ਵੀ ਹੋ ਚੁੱਕੀ ਹੈ। ਬਾਕੀ ਰਹਿੰਦੀ ਫਸਲ ਦੀ ਚੁਕਾਈ ਲਈ ਸਬੰਧਤ ਏਜੰਸੀਆਂ ਨੂੰ ਹੋਰ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
